ਅੰਮ੍ਰਿਤਸਰ: ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਪੰਜ ਦਿਨਾਂ ਲਈ ਸੂਬੇ ਦੇ ਕਈ ਹਿੱਸਿਆਂ ਵਿੱਚ ਲੂ ਚੱਲਣ ਦੀ ਚੇਤਾਵਨੀ ਜਾਰੀ ਕਰਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ।
ਸ਼ਨੀਵਾਰ ਨੂੰ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 40.3, ਅੰਮ੍ਰਿਤਸਰ ਵਿੱਚ 39.9, ਲੁਧਿਆਣਾ ਵਿੱਚ 41.6, ਪਟਿਆਲਾ ਵਿੱਚ 42 ਅਤੇ ਫਰੀਦਕੋਟ ਵਿੱਚ 41.9 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ। ਖ਼ਾਸ ਕਰਕੇ ਦੱਖਣੀ ਅਤੇ ਦੱਖਣ-ਪੱਛਮੀ ਪੰਜਾਬ ਵਿੱਚ ਗਰਮੀ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲੇਗਾ।
ਅੱਜ ਤੋਂ ਲੂ ਦਾ ਅਸਰ, ਰਹੋ ਸਾਵਧਾਨ
18 ਮਈ ਨੂੰ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਲੂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦੁਪਹਿਰ ਸਮੇਂ ਗਰਮ ਹਵਾਵਾਂ ਲੋਕਾਂ ਨੂੰ ਕਾਫ਼ੀ ਪ੍ਰਭਾਵਿਤ ਕਰ ਸਕਦੀਆਂ ਹਨ।
19 ਮਈ ਨੂੰ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਫਿਰੋਜ਼ਪੁਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਹੀਟਵੇਵ ਦਾ ਅਸਰ ਹੋਰ ਵੱਧਣ ਦੀ ਸੰਭਾਵਨਾ ਹੈ।
20 ਮਈ ਨੂੰ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 42 ਤੋਂ 44 ਡਿਗਰੀ ਤੱਕ ਪਹੁੰਚ ਸਕਦਾ ਹੈ।
21 ਮਈ ਨੂੰ ਵੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ ਅਤੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ।
ਮੌਸਮ ਮਾਹਿਰਾਂ ਮੁਤਾਬਕ ਪੰਜਾਬ ਦੇ ਉੱਤਰੀ ਅਤੇ ਪਹਾੜੀ ਖੇਤਰਾਂ ਨਾਲ ਲੱਗਦੇ ਇਲਾਕਿਆਂ ਵਿੱਚ ਤਾਪਮਾਨ 36 ਤੋਂ 38 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ, ਜਦਕਿ ਮੱਧ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਇਹ 40 ਤੋਂ 42 ਡਿਗਰੀ ਤੱਕ ਬਣਿਆ ਰਹੇਗਾ। ਦੱਖਣ-ਪੱਛਮੀ ਹਿੱਸਿਆਂ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਸਿਹਤ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ, ਵੱਧ ਪਾਣੀ ਪੀਣ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਕਿਸਾਨਾਂ ਅਤੇ ਬਾਹਰ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

