May 11, 2026
#Breaking News #Punjab News

ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ, 26 ਮਈ ਨੂੰ ਵੋਟਿੰਗ ਤੇ 29 ਮਈ ਨੂੰ ਨਤੀਜੇ

ਚੰਡੀਗੜ੍ਹ: ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਅਧਿਕਾਰਿਕ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਸੂਬੇ ਵਿੱਚ 26 ਮਈ 2026 ਨੂੰ ਵੋਟਿੰਗ ਹੋਵੇਗੀ, ਜਦਕਿ 29 ਮਈ ਨੂੰ ਵੋਟਾਂ ਦੀ ਗਿਣਤੀ ਅਤੇ ਨਤੀਜੇ ਐਲਾਨੇ ਜਾਣਗੇ।

ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 13 ਮਈ ਤੋਂ ਸ਼ੁਰੂ ਹੋਵੇਗੀ ਅਤੇ 16 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਵੀਕਾਰ ਕੀਤੀਆਂ ਜਾਣਗੀਆਂ।

18 ਮਈ ਨੂੰ ਰਿਟਰਨਿੰਗ ਅਫਸਰ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ, ਜਦਕਿ 19 ਮਈ ਨੂੰ ਨਾਮ ਵਾਪਸ ਲੈਣ ਦੀ ਆਖਰੀ ਤਾਰੀਖ ਹੋਵੇਗੀ।

ਚੋਣ ਕਮਿਸ਼ਨ ਮੁਤਾਬਕ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਕਰਵਾਈ ਜਾਵੇਗੀ। ਇਸ ਤੋਂ ਬਾਅਦ 29 ਮਈ ਨੂੰ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਘੋਸ਼ਿਤ ਕੀਤੇ ਜਾਣਗੇ।

ਇਨ੍ਹਾਂ ਚੋਣਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਉਮੀਦਵਾਰਾਂ ਵੱਲੋਂ ਵੀ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ।