August 13, 2026
#Tricity News

Punjab Youth Congress: ਪੇਪਰ ਲੀਕ ਮਾਮਲੇ ’ਤੇ ਯੂਥ ਕਾਂਗਰਸ ਦਾ ਵਿਧਾਨ ਸਭਾ ਮਾਰਚ, ਪੁਲੀਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ: ਪੰਜਾਬ ਵਿੱਚ ਭਰਤੀ ਪ੍ਰੀਖਿਆਵਾਂ ਦੌਰਾਨ ਸਾਹਮਣੇ ਆਏ ਕਥਿਤ ਪੇਪਰ ਲੀਕ ਅਤੇ ਨਕਲ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਨੇ ਵਿਧਾਨ ਸਭਾ ਵੱਲ ਮਾਰਚ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਅਤੇ ਸਥਿਤੀ ਤਣਾਅਪੂਰਨ ਹੋਣ ’ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ।

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿੱਬ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁੱਭੀ ਦੀ ਅਗਵਾਈ ਹੇਠ ਵਰਕਰ ਸੈਕਟਰ-15 ਸਥਿਤ ਪੰਜਾਬ ਕਾਂਗਰਸ ਦਫ਼ਤਰ ਤੋਂ ਵਿਧਾਨ ਸਭਾ ਵੱਲ ਰਵਾਨਾ ਹੋਏ। ਪੁਲੀਸ ਨੇ ਉਨ੍ਹਾਂ ਨੂੰ ਕੁਝ ਦੂਰੀ ’ਤੇ ਹੀ ਰੋਕ ਦਿੱਤਾ, ਜਿਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਖਿੱਚੋਤਾਣ ਵੀ ਹੋਈ। ਬਾਅਦ ਵਿੱਚ ਕਈ ਯੂਥ ਕਾਂਗਰਸ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਉਦੈ ਭਾਨੂ ਚਿੱਬ ਨੇ ਦੋਸ਼ ਲਗਾਇਆ ਕਿ ਸੂਬੇ ਵਿੱਚ ਭਰਤੀ ਪ੍ਰੀਖਿਆਵਾਂ ਦੀ ਭਰੋਸੇਯੋਗਤਾ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਹੈ ਅਤੇ ਕਥਿਤ ਪੇਪਰ ਲੀਕ ਮਾਮਲਿਆਂ ਨੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ’ਤੇ ਜਵਾਬਦੇਹ ਬਣਨਾ ਚਾਹੀਦਾ ਹੈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ।

ਇਸੇ ਦਿਨ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਨੇ ਵੀ ਪੰਜਾਬ ਵਿੱਚ ਕਥਿਤ ਪੇਪਰ ਲੀਕ, ਕਾਨੂੰਨ-ਵਿਵਸਥਾ ਅਤੇ ਸਿੱਖਿਆ ਪ੍ਰਣਾਲੀ ਦੇ ਮੁੱਦਿਆਂ ਨੂੰ ਲੈ ਕੇ ਸੈਕਟਰ-25 ਵਿੱਚ ਪ੍ਰਦਰਸ਼ਨ ਕੀਤਾ। ਜਦੋਂ ਏਬੀਵੀਪੀ ਦੇ ਕਾਰਕੁਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ’ਤੇ ਵੀ ਪਾਣੀ ਦੀਆਂ ਬੁਛਾੜਾਂ ਚਲਾਈਆਂ।

ਏਬੀਵੀਪੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੇਪਰ ਲੀਕ ਦੇ ਮਾਮਲਿਆਂ ਕਾਰਨ ਨੌਜਵਾਨਾਂ ਦਾ ਭਰੋਸਾ ਟੁੱਟ ਰਿਹਾ ਹੈ ਅਤੇ ਸਰਕਾਰ ਨੂੰ ਇਸ ਮਾਮਲੇ ’ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਿਛਲੇ ਸਾਲ ਖੁਦ ਸਰਕਾਰ ਵੱਲੋਂ ਕੁਝ ਪ੍ਰੀਖਿਆਵਾਂ ਵਿੱਚ ਗੜਬੜੀਆਂ ਮੰਨੀਆਂ ਗਈਆਂ ਸਨ ਅਤੇ ਹੁਣ ਇਸ ਮੁੱਦੇ ’ਤੇ ਜਵਾਬਦੇਹੀ ਤੋਂ ਨਹੀਂ ਬਚਿਆ ਜਾ ਸਕਦਾ।