ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ 500 ਦਿਨ ਪੂਰੇ ਕਰ ਲਏ ਹਨ। ਸਰਕਾਰ ਦੇ ਅੰਕੜਿਆਂ ਮੁਤਾਬਕ ਇਸ ਦੌਰਾਨ 73,300 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 621 ਵੱਡੇ ਤਸਕਰ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੀ 847 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮੂਲ ਮੰਤਰ ‘Protect, Heal and Prevent’ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਨਸ਼ਿਆਂ ਵਿਰੁੱਧ ਕਾਰਵਾਈ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸੁਰੱਖਿਅਤ ਭਵਿੱਖ ਦੇਣ ਲਈ ਇੱਕ ਵੱਡਾ ਮਿਸ਼ਨ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਐਨਡੀਪੀਐਸ ਐਕਟ ਤਹਿਤ 52,432 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਮੁਹਿੰਮ ਦੌਰਾਨ ਪੂਰੇ ਸੂਬੇ ਵਿੱਚ ਹਜ਼ਾਰਾਂ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਵੱਡੇ ਨਸ਼ਾ ਨੈੱਟਵਰਕਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ।
ਸੇਫ਼ ਪੰਜਾਬ ਹੈਲਪਲਾਈਨ ਤੋਂ ਮਿਲੀ ਵੱਡੀ ਸਫਲਤਾ
ਮੰਤਰੀ ਨੇ ਦੱਸਿਆ ਕਿ ਸੇਫ਼ ਪੰਜਾਬ ਹੈਲਪਲਾਈਨ (97791-00200) ‘ਤੇ ਪਿਛਲੇ 500 ਦਿਨਾਂ ਵਿੱਚ 46,342 ਸੂਚਨਾਵਾਂ ਮਿਲੀਆਂ। ਇਨ੍ਹਾਂ ਸੂਚਨਾਵਾਂ ਦੇ ਆਧਾਰ ‘ਤੇ 22,960 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ, 38 ਹਜ਼ਾਰ ਤੋਂ ਵੱਧ ਨਸ਼ਾ ਪੀੜਤਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖ਼ਲ ਕਰਵਾ ਕੇ ਇਲਾਜ ਮੁਹੱਈਆ ਕਰਵਾਇਆ ਗਿਆ।
ਕੇਂਦਰ ਸਰਕਾਰ ਨੂੰ ਸਰਹੱਦੀ ਸੁਰੱਖਿਆ ਮਜ਼ਬੂਤ ਕਰਨ ਦੀ ਅਪੀਲ
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਂਟੀ-ਡ੍ਰੋਨ ਨਿਗਰਾਨੀ ਪ੍ਰਣਾਲੀ ਅਤੇ ਕਾਨੂੰਨ ਲਾਗੂ ਕਰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਹੈ, ਪਰ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੀ ਸੁਰੱਖਿਆ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਰਹੱਦ ਪਾਰੋਂ ਡ੍ਰੋਨਾਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਆਧੁਨਿਕ ਤਕਨੀਕ ਦੀ ਪ੍ਰਭਾਵਸ਼ਾਲੀ ਵਰਤੋਂ ਕੀਤੀ ਜਾਵੇ ਅਤੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟਾਂ ਅਤੇ ਪੰਜਾਬ ਤੋਂ ਬਾਹਰ ਦੀਆਂ ਜੇਲ੍ਹਾਂ ਤੋਂ ਚੱਲ ਰਹੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ।

