August 12, 2026
#Punjab News

ਰਾਜਾ ਵੜਿੰਗ ਨੇ CM ਮਾਨ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਮੰਗਿਆ ਅਸਤੀਫਾ, ਪੇਪਰ ਲੀਕ ਮਾਮਲਿਆਂ ‘ਤੇ ਘੇਰੀ ਸਰਕਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਕਥਿਤ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫੇ ਦੀ ਮੰਗ ਕੀਤੀ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਜਿਵੇਂ ਰਾਸ਼ਟਰੀ ਪੱਧਰ ‘ਤੇ ਪੇਪਰ ਲੀਕ ਮਾਮਲਿਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਜਵਾਬਦੇਹੀ ਮੰਗੀ ਜਾ ਰਹੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਪੇਪਰ ਲੀਕ ਦੀਆਂ ਘਟਨਾਵਾਂ ਲਈ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਜਵਾਬਦੇਹ ਹਨ।

ਚਾਰ ਵੱਡੇ ਪੇਪਰ ਲੀਕ ਮਾਮਲਿਆਂ ਦਾ ਕੀਤਾ ਜ਼ਿਕਰ

ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਗਰੁੱਪ-ਬੀ ਭਰਤੀ ਪ੍ਰੀਖਿਆ, 12ਵੀਂ ਜਮਾਤ ਦੀ ਅੰਗਰੇਜ਼ੀ ਪ੍ਰੀਖਿਆ, PSTET ਅਤੇ ਫਾਰਮਾਸਿਸਟ ਭਰਤੀ ਪ੍ਰੀਖਿਆ ਸਮੇਤ ਚਾਰ ਵੱਡੇ ਪੇਪਰ ਲੀਕ ਮਾਮਲੇ ਸਾਹਮਣੇ ਆਏ ਹਨ।

ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਮਾਮਲਿਆਂ ਵਿੱਚ ਨਾ ਤਾਂ ਹੁਣ ਤੱਕ ਕੋਈ ਪ੍ਰਭਾਵਸ਼ਾਲੀ ਜਾਂਚ ਹੋਈ ਹੈ ਅਤੇ ਨਾ ਹੀ ਕਿਸੇ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ।

‘ਪੰਜਾਬ ਦੇ ਨੌਜਵਾਨ ਜਵਾਬ ਦੇ ਹੱਕਦਾਰ’

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਹਾਨਿਆਂ ਨਹੀਂ, ਸਗੋਂ ਜਵਾਬਦੇਹੀ ਦੇ ਹੱਕਦਾਰ ਹਨ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਦੱਸੇ ਕਿ ਫਾਰਮੇਸੀ ਭਰਤੀ ਪ੍ਰੀਖਿਆ ਦਾ ਪੇਪਰ ਕਿਵੇਂ ਲੀਕ ਹੋਇਆ ਅਤੇ ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ।

ਵਿਰੋਧ ਪ੍ਰਦਰਸ਼ਨਾਂ ਦਾ ਵੀ ਕੀਤਾ ਜ਼ਿਕਰ

ਰਾਜਾ ਵੜਿੰਗ ਨੇ ਇਹ ਵੀ ਦਾਅਵਾ ਕੀਤਾ ਕਿ ਫਾਰਮੇਸੀ ਪੇਪਰ ਲੀਕ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਪੁਲਿਸ ਵੱਲੋਂ ਸਖ਼ਤੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਹੀ ਪੇਪਰ ਲੀਕ ਦੀ ਸਮੱਸਿਆ ਨਾਲ ਨਜਿੱਠਣ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਵਿੱਚ ਨਾਕਾਮ ਰਹੀਆਂ ਹਨ।