ਅੰਮ੍ਰਿਤਸਰ: ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ State Special Operation Cell (SSOC) ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਹੈਂਡ ਗ੍ਰਨੇਡ ਬਰਾਮਦ ਕੀਤੇ। ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ 18 ਮਈ 2026 ਨੂੰ SSOC ਅੰਮ੍ਰਿਤਸਰ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਅਜੈ ਨਾਮਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਅਜੈ, ਰਾਮ ਸਵਰੂਪ ਦਾ ਪੁੱਤਰ ਹੈ ਅਤੇ ਅਜਨਾਲਾ ਦੇ ਬਾਜੀਗਰ ਮੁਹੱਲੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਉਸ ਦੇ ਇਕ ਹੋਰ ਸਾਥੀ ਨੂੰ ਵੀ ਕਾਬੂ ਕੀਤਾ ਹੈ।
ਤਲਾਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਕੋਲੋਂ 2 ਹੈਂਡ ਗ੍ਰਨੇਡ ਬਰਾਮਦ ਕੀਤੇ ਗਏ। ਪੁਲਿਸ ਹੁਣ ਇਹ ਜਾਂਚ ਕਰ ਰਹੀ ਹੈ ਕਿ ਇਹ ਵਿਸਫੋਟਕ ਸਮੱਗਰੀ ਕਿੱਥੋਂ ਲਿਆਂਦੀ ਗਈ ਸੀ ਅਤੇ ਇਸਦਾ ਇਸਤੇਮਾਲ ਕਿਸ ਮਕਸਦ ਲਈ ਕੀਤਾ ਜਾਣਾ ਸੀ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਕਿਸੇ ਵੱਡੇ ਅਪਰਾਧਿਕ ਜਾਂ ਅੱਤਵਾਦੀ ਨੈੱਟਵਰਕ ਨਾਲ ਸੰਬੰਧ ਹੋਣ ਦੀ ਸੰਭਾਵਨਾ ਨੂੰ ਵੀ ਖੰਗਾਲਿਆ ਜਾ ਰਿਹਾ ਹੈ।
ਇਸ ਮਾਮਲੇ ਵਿੱਚ SSOC ਅੰਮ੍ਰਿਤਸਰ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

