August 12, 2026
#Punjab News

ਸੁਨਾਮ ‘ਚ ਅੱਜ ਮੈਗਾ ਰੁਜ਼ਗਾਰ ਮੇਲਾ, 100 ਤੋਂ ਵੱਧ ਕੰਪਨੀਆਂ 35 ਹਜ਼ਾਰ ਤੋਂ ਵੱਧ ਨੌਕਰੀਆਂ ਦੇਣਗੀਆਂ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ 20 ਜੁਲਾਈ ਨੂੰ ਸੁਨਾਮ ਵਿੱਚ ਮੈਗਾ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੁਜ਼ਗਾਰ ਮੇਲੇ ਵਿੱਚ ਭਾਰਤ ਅਤੇ ਵਿਦੇਸ਼ ਦੀਆਂ 100 ਤੋਂ ਵੱਧ ਨਾਮਵਰ ਕੰਪਨੀਆਂ ਹਿੱਸਾ ਲੈਣਗੀਆਂ, ਜੋ ਵੱਖ-ਵੱਖ ਖੇਤਰਾਂ ਵਿੱਚ 35 ਹਜ਼ਾਰ ਤੋਂ ਵੱਧ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕਰਨਗੀਆਂ।

ਸਰਕਾਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਿਦਿਅਕ ਸਰਟੀਫਿਕੇਟ, ਬਾਇਓਡਾਟਾ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਮੇਲੇ ਵਿੱਚ ਸ਼ਾਮਲ ਹੋਣ ਅਤੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ।

ਅਮਨ ਅਰੋੜਾ ਨੇ ਗਿਣਾਈਆਂ ਸਰਕਾਰ ਦੀਆਂ ਪ੍ਰਾਪਤੀਆਂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੀਆਂ ਚੋਣੀ ਗਰੰਟੀਆਂ ਅਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ।

65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਾ ਦਾਅਵਾ

ਅਮਨ ਅਰੋੜਾ ਨੇ ਦੱਸਿਆ ਕਿ ਮੌਜੂਦਾ ਸਰਕਾਰ ਬਣਨ ਤੋਂ ਬਾਅਦ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਨਾਲ ਜੋੜ ਕੇ ਬੇਰੁਜ਼ਗਾਰੀ ਘਟਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ।

ਨੌਜਵਾਨਾਂ ਨੂੰ ਕੀਤੀ ਅਪੀਲ

ਕੈਬਨਿਟ ਮੰਤਰੀ ਨੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ, ਡਿਗਰੀਧਾਰਕਾਂ ਅਤੇ ਤਕਨੀਕੀ ਤੌਰ ‘ਤੇ ਹੁਨਰਮੰਦ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਮੇਲੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੋਗਤਾ ਅਨੁਸਾਰ ਨੌਜਵਾਨਾਂ ਨੂੰ ਨਾਮਵਰ ਕੰਪਨੀਆਂ ਵਿੱਚ ਰੁਜ਼ਗਾਰ ਹਾਸਲ ਕਰਨ ਦਾ ਇਹ ਸੁਨਹਿਰੀ ਮੌਕਾ ਹੈ।

ਸੁਨਾਮ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਵਿੱਚ ਇਸ ਮੈਗਾ ਰੁਜ਼ਗਾਰ ਮੇਲੇ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ। ਪ੍ਰਸ਼ਾਸਨ ਵੱਲੋਂ ਮੇਲੇ ਦੇ ਸੁਚਾਰੂ ਪ੍ਰਬੰਧ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ।