May 12, 2026
#Tricity News

ਸਟ੍ਰੀਟ ਵੈਂਡਰ ਮਾਮਲੇ ‘ਚ ਸੁਪਰੀਮ ਕੋਰਟ ਸਖ਼ਤ, ਚੰਡੀਗੜ੍ਹ ਨਗਰ ਨਿਗਮ ਤੋਂ ਵਿਸਥਾਰਪੂਰਵਕ ਜਵਾਬ ਮੰਗਿਆ

ਚੰਡੀਗੜ੍ਹ: ਸ਼ਹਿਰ ਵਿੱਚ ਸਟ੍ਰੀਟ ਵੈਂਡਰਾਂ ਅਤੇ ਅਤਿਕਰਮਣ ਦੇ ਮਾਮਲੇ ‘ਤੇ ਚੱਲ ਰਹੀ ਕਾਨੂੰਨੀ ਲੜਾਈ ਦੌਰਾਨ ਸੁਪਰੀਮ ਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਅਤੇ ਸੰਬੰਧਤ ਅਧਿਕਾਰੀਆਂ ਦੇ ਰਵੱਈਏ ‘ਤੇ ਕੜੀ ਨਾਰਾਜ਼ਗੀ ਜਤਾਈ ਹੈ। ਅਦਾਲਤ ਨੇ ਨਗਰ ਨਿਗਮ ਕਮਿਸ਼ਨਰ ਵੱਲੋਂ ਪੇਸ਼ ਕੀਤੇ ਹਲਫਨਾਮੇ ਨੂੰ “ਬਹੁਤ ਹੀ ਅਸਪਸ਼ਟ” ਕਰਾਰ ਦਿੰਦਿਆਂ ਕਿਹਾ ਕਿ ਇਸ ਵਿੱਚ ਜ਼ਮੀਨੀ ਹਕੀਕਤ, ਅਦਾਲਤੀ ਹੁਕਮਾਂ ਦੀ ਪਾਲਣਾ ਅਤੇ ਕੀਤੀ ਗਈ ਕਾਰਵਾਈ ਬਾਰੇ ਸਪਸ਼ਟ ਜਾਣਕਾਰੀ ਦੀ ਘਾਟ ਹੈ।

ਸੁਪਰੀਮ ਕੋਰਟ ਨੇ ਨਗਰ ਨਿਗਮ ਨੂੰ ਆਖ਼ਰੀ ਮੌਕਾ ਦਿੰਦਿਆਂ ਹੁਕਮ ਦਿੱਤਾ ਹੈ ਕਿ ਦੋ ਦਿਨਾਂ ਦੇ ਅੰਦਰ ਇੱਕ ਵਿਸਥਾਰਪੂਰਵਕ ਅਤੇ ਸਪਸ਼ਟ ਹਲਫਨਾਮਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਅਦਾਲਤ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਹੁਕਮਾਂ ਦੀ ਪਾਲਣਾ ਵਿੱਚ ਕੋਈ ਲਾਪਰਵਾਹੀ ਪਾਈ ਗਈ ਤਾਂ ਸੰਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

ਇਹ ਮਾਮਲਾ ਮਨੀਮਾਜਰਾ ਵਪਾਰ ਮੰਡਲ ਦੇ ਪ੍ਰਧਾਨ ਮਲਕੀਤ ਸਿੰਘ ਅਤੇ ਹੋਰਾਂ ਵੱਲੋਂ ਦਾਇਰ ਕੀਤਾ ਗਿਆ ਹੈ, ਜੋ ਕਿ ਅਜੇ ਵੀ ਸੁਪਰੀਮ ਕੋਰਟ ਵਿੱਚ ਵਿਚਾਰਧੀਨ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸਟ੍ਰੀਟ ਵੈਂਡਰ ਐਕਟ ਅਧੀਨ ਬਣੇ ਅਪੀਲੀਅਤ ਅਥਾਰਟੀ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਲੰਬਿਤ ਸਾਰੇ ਮਾਮਲਿਆਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ।

ਅਦਾਲਤ ਨੇ ਸਪਸ਼ਟ ਕੀਤਾ ਕਿ ਮਾਮਲਿਆਂ ਦੇ ਨਿਪਟਾਰੇ ਵਿੱਚ ਬੇਵਜ੍ਹਾ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਅਤਿਕਰਮਣ ਹਟਾਉਣ ਦੀ ਕਾਰਵਾਈ ਕਾਨੂੰਨ ਅਨੁਸਾਰ ਹੋ ਸਕਦੀ ਹੈ, ਪਰ ਵੈਂਡਰਾਂ ਨੂੰ ਕਿਸੇ ਹੋਰ ਥਾਂ ਸ਼ਿਫਟ ਕਰਨ ਨਾਲ ਉਨ੍ਹਾਂ ਦੇ ਗਾਹਕਾਂ ‘ਤੇ ਅਸਰ ਪੈਂਦਾ ਹੈ।

ਇਸ ਸੰਦਰਭ ਵਿੱਚ ਅਦਾਲਤ ਨੇ ਪ੍ਰਸ਼ਾਸਨ ਨੂੰ ਹਦਾਇਤ ਦਿੱਤੀ ਕਿ ਨਵੀਆਂ ਵੈਂਡਿੰਗ ਸਾਈਟਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਗਾਹਕ ਨਵੇਂ ਸਥਾਨਾਂ ਤੱਕ ਆਸਾਨੀ ਨਾਲ ਪਹੁੰਚ ਸਕਣ। ਨਾਲ ਹੀ, ਅਦਾਲਤ ਨੇ ਇਹ ਵੀ ਪੁੱਛਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਗ੍ਰੀਵੈਂਸ ਰਿਡਰੈੱਸਲ ਕਮੇਟੀ ਦੇ ਸਾਹਮਣੇ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਕੀ ਹੈ ਅਤੇ ਹੁਣ ਤੱਕ ਕਿੰਨੇ ਅਰਜ਼ੀਆਂ ਦਾਇਰ ਹੋਈਆਂ ਹਨ।

ਇਸ ਮਾਮਲੇ ਦੀ ਅਗਲੀ ਸੁਣਵਾਈ 5 ਮਈ ਨੂੰ ਹੋਣੀ ਨਿਰਧਾਰਤ ਕੀਤੀ ਗਈ ਹੈ, ਜਿਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।