August 12, 2026
#Tricity News

ਚੰਡੀਗੜ੍ਹ ਕੂਚ ਦੌਰਾਨ ਵੈਟਨਰੀ ਇੰਸਪੈਕਟਰਾਂ ‘ਤੇ ਪੁਲੀਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ/ਮੁਹਾਲੀ: ਪੰਜਾਬ ਭਰ ਤੋਂ ਆਏ ਵੈਟਨਰੀ ਇੰਸਪੈਕਟਰਾਂ ਨੇ ਪੰਜਾਬ ਵੈਟਨਰੀ ਇੰਸਪੈਕਟਰ ਯੂਨੀਅਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵੱਲ ਕੂਚ ਕੀਤਾ। ਪਸ਼ੂ ਪਾਲਣ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਤੋਂ ਰੋਸ ਮਾਰਚ ਸ਼ੁਰੂ ਕਰਨ ਮਗਰੋਂ ਜਦੋਂ ਪ੍ਰਦਰਸ਼ਨਕਾਰੀ ਚੰਡੀਗੜ੍ਹ ਸਰਹੱਦ ‘ਤੇ ਲਗੇ ਬੈਰੀਕੇਡ ਪਾਰ ਕਰਕੇ ਅੱਗੇ ਵਧਣ ਲੱਗੇ ਤਾਂ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਤੇਜ਼ ਬੁਛਾੜਾਂ ਚਲਾਈਆਂ।

ਜਾਣਕਾਰੀ ਅਨੁਸਾਰ ਵੈਟਨਰੀ ਇੰਸਪੈਕਟਰ ਲੰਬੇ ਸਮੇਂ ਤੋਂ ਤਨਖਾਹਾਂ ਵਿੱਚ ਵਾਧੇ ਅਤੇ ਹੋਰ ਲੰਬਿਤ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਸੇ ਮੰਗ ਨੂੰ ਲੈ ਕੇ ਉਨ੍ਹਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ।

ਸਰਹੱਦ ‘ਤੇ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਅਤੇ ਖਿੱਚੋਤਾਣ ਵੀ ਹੋਈ, ਜਿਸ ਕਾਰਨ ਮੌਕੇ ‘ਤੇ ਤਣਾਅਪੂਰਨ ਮਾਹੌਲ ਬਣ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਕਾਰਨ ਉਹ ਸੜਕਾਂ ‘ਤੇ ਉਤਰਣ ਲਈ ਮਜਬੂਰ ਹੋਏ ਹਨ।

ਖ਼ਬਰ ਲਿਖੇ ਜਾਣ ਤੱਕ ਮੁਹਾਲੀ-ਚੰਡੀਗੜ੍ਹ ਸਰਹੱਦ ‘ਤੇ ਸਥਿਤੀ ਤਣਾਅਪੂਰਨ ਬਣੀ ਹੋਈ ਸੀ ਅਤੇ ਵੈਟਨਰੀ ਇੰਸਪੈਕਟਰ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ‘ਤੇ ਡਟੇ ਹੋਏ ਸਨ।